ਮਾਨਸਾ - ਦੇਸ਼ ਦੇ 65ਵੇਂ ਗਣਤੰਤਰਤਾ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮਹੱਤਵਪੂਰਨ ਦਿਹਾੜੇ 'ਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਜੇਲ੍ਹਾਂ, ਸੈਰ-ਸਪਾਟਾ, ਸਭਿਆਚਾਰਕ ਮਾਮਲੇ, ਪੁਰਾਤਤਵ ਅਤੇ ਅਜਾਇਬਘਰ ਮਾਮਲੇ, ਸੰਤ ਬਲਬੀਰ ਸਿੰਘ ਘੁੰਨਸ ਨੇ ਅਦਾ ਕੀਤੀ।
ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਵਿਚ ਬਰਾਬਰੀ ਦਾ ਸੰਦੇਸ਼ ਦਿੰਦਿਆਂ ਕੌਮੀ ਏਕਤਾ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਅਤੇ ਭਾਈਚਾਰਕ ਸਾਂਝ ਕਰਕੇ ਹੀ ਗਣਰਾਜ ਦਾ ਆਨੰਦ ਮਾਣਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਜ਼ਾਦੀ ਅਨੇਕਾਂ ਦੇਸ਼ ਭਗਤਾਂ ਅਤੇਸੂਰਬੀਰਾਂ ਦੀਆਂ ਬਹੁਮੁੱਲੀਆਂ ਕੁਰਬਾਨੀਆਂ ਸਦਕਾ ਮਿਲੀ ਹੈ, ਜਿਸ ਲਈ ਸਾਨੂੰ ਦੇਸ਼ ਦੇ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਾਸੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਸਿਰ-ਤੋੜ ਯਤਨ ਕੀਤੇ ਹਨ।
ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ੍ਰ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਸੂਬਾ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ ਅਤੇ ਸਨਅੱਤ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਦੇਸ਼ ਦਾ ਮੋਹਰੀ ਸੂਬਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਗਿਆ ਹੈ ਅਤੇ ਮਾਨਸਾ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਪਿੰਡ ਬਣਾਂਵਾਲਾ ਵਿਖੇ 11 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ 1980 ਮੈਗਾਵਾਟ ਦੀ ਸਮਰੱਥਾ ਵਾਲਾ 'ਤਲਵੰਡੀ ਸਾਬੋ ਪਾਵਰ ਪਲਾਂਟ' ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਦਾ ਵੀ ਪੂਰਾ ਤਹੱਈਆ ਕੀਤਾ ਹੋਇਆ ਹੈ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸੰਤ ਬਲਬੀਰ ਸਿੰਘ ਘੁੰਨਸ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਅਤੇ ਐਸ.ਐਸ.ਪੀ. ਸ੍ਰ. ਭੁਪਿੰਦਰ ਸਿੰਘ ਖੱਟੜਾ ਨਾਲ ਪਰੇਡ ਕਮਾਂਡਰ ਡੀ.ਐਸ.ਪੀ. ਸਰਦੂਲਗੜ੍ਹ ਸ੍ਰ. ਗੋਬਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪਰੇਡ ਵਿੱਚ ਹਿਸਾ ਲੈ ਰਹੀਆਂ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ. ਲੜਕੇ ਤੇ ਲੜਕੀਆਂ, ਸਕਾਊਟਸ ਤੇ ਗਰਲਜ਼ ਗਾਈਡਜ਼ ਦੀਆਂ ਟੁਕੜੀਆਂ ਅਤੇ ਆਰਮੀ ਬੈਂਡ ਬਠਿੰਡਾ ਦਾ ਨਿਰੀਖਣ ਕੀਤਾ, ਉਪਰੰਤ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਵਾਵਾਂ, ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆਂ, ਪਰੇਡ ਕਮਾਂਡਰ, ਪਰੇਡ ਵਿੱਚ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਪਲਟੂਨ ਕਮਾਂਡਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ 44 ਸ਼ਖਸੀਅਤਾਂ ਨੂੰ ਵੀ ਸਨਮਾਨਤ ਕੀਤਾ ਗਿਆ। ਸਮਾਰੋਹ ਦੌਰਾਨ ਰੈਡਕਰਾਸ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਇਕ ਵਹੀਲ ਚੇਅਰ ਵੀ ਦਿੱਤੀ ਗਈ। ਸੰਤ ਬਲਬੀਰ ਸਿੰਘ ਘੁੰਨਸ ਨੇ ਮਨਾਏ ਗਏ ਗਣਤੰਤਰ ਦਿਵਸ ਦੀ ਖੁਸ਼ੀ ਵਿਚ 27 ਜਨਵਰੀ ਨੂੰ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਅਤੇ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਹੌਂਸਲਾ ਅਫ਼ਜਾਈ ਲਈ ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ।
ਸਮਾਰੋਹ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਗੁਰਬੀਰ ਸਿੰਘ, ਐਡੀਸ਼ਨਲ ਸੈਸ਼ਨ ਜੱਜ-2 ਸ਼੍ਰੀ ਰਾਜ ਕੁਮਾਰ, ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਸਿਵਲ ਜੱਜ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ੋਮਣੀ ਅਕਾਲੀ ਦਲ ਸ਼ੀ੍ਰ ਹਰਬੰਤ ਸਿੰਘ ਦਾਤੇਵਾਸ, ਚੇਅਰਮੈਨ ਜ਼ਿਲ੍ਹਾ ਪੀ੍ਰਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਐਸ.ਜੀ.ਪੀ.ਸੀ. ਮੈਂਬਰ ਬਾਬਾ ਸੁਖਚੈਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾਂ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਤੇਜਦੀਪ ਸਿੰਘ ਸੈਣੀ , ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਬੰਸ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਸ਼੍ਰੀ ਨਰੇਸ਼ ਮਿੱਤਲ ਤੋਂ ਇਲਾਵਾ ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ, ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਸਮੇਤ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।