ਬਠਿੰਡਾ- ਪੰਜਾਬ ਦੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ 65ਵੇਂ ਗਣਤੰਤਰ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਅਗਲਾ ਨਿਸ਼ਾਨਾ ਸੂਬੇ ਨੂੰ ਆਉਂਦੇ ਤਿੰਨ ਸਾਲਾਂ ਅੰਦਰ ਵਿਕਾਸ ਪੱਖੋਂ ਹਰ ਖੇਤਰ ਵਿੱਚ ਮੁਲਕ ਦਾ ਸਭ ਤੋਂ ਬੇਹਤਰੀਨ ਰਾਜ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਲੋਕਾਂ ਦੀਆਂ ਇੱਛਾਵਾਂ ਦੀਆਂ ਪੂਰਤੀ ਕਰਦੇ ਹੋਏ ਸੂਬੇ ਵਿਚ ਚਹੁੰ-ਮੁਖੀ ਵਿਕਾਸ ਕਰਵਾਉਂਦਿਆਂ ਭਵਿੱਖ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਹੋਵੇਗਾ।
ਇਥੋਂ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਹੋਏ 65ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਦੇਸ਼ ਭਗਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਬਾਦਲ ਨੇ ਕਿਹਾ ਕਿ ਆਜ਼ਾਦੀ ਦੇ 67 ਸਾਲ ਬੀਤਣ ਉਪਰੰਤ ਵੀ ਦੇਸ਼ ਵਾਸੀ ਆਮ ਸਹੂਲਤਾ ਤੋਂ ਵਾਂਝੇ ਹਨ ਪਰ ਪੰਜਾਬ ਸਰਕਾਰ ਦਾ ਇਹ ਅਹਿਦ ਹੈ ਕਿ ਆਉਂਦੇ ਤਿੰਨ ਸਾਲਾਂ ਵਿੱਚ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਖਾਕੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਜੋ ਕਿ ਤਿੰਨ ਸਾਲਾਂ 'ਚ ਅਮਲੀ ਰੂਪ ਅਖਤਿਆਰ ਕਰ ਲਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ 24 ਘੰਟੇ ਪੀਣ ਵਾਲੇ ਸੁੱਧ ਪਾਣੀ ਦੀ ਸਪਲਾਈ, ਸੀਵਰੇਜ ਸਿਸਟਮ, ਉੱਤਮ ਕਿਸਮ ਦਾ ਸੜਕੀ ਤੇ ਹਵਾਈ ਨੈੱਟਵਰਕ ਸਥਾਪਤ ਹੋ ਜਾਵੇਗਾ।
ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਫਨਿਆਂ ਦੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਪਾਰਦਰਸ਼ੀ ਪ੍ਰਸ਼ਾਸਨ, ਭਲਾਈ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾਂ ਅਤੇ ਭਾਈਚਾਰਕ ਏਕਤਾ ਬਰਕਰਾਰ ਰੱਖਣੀ ਹੀ ਸਾਡੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਇਨ੍ਹਾਂ ਦੀ ਪੂਰਤੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਤੇ ਮਨੋਰਥ ਹੈ। ਪੰਜਾਬ ਨੂੰ ਮੁਲਕ ਸਭ ਤੋਂ ਵੱਧ ਵਿਕਸਿਤ ਸੂਬਾ ਬਣਾਉਣ ਦੇ ਆਪਣੇ ਵਾਅਦੇ ਨੂੰ ਦਹੁਰਾਉਂਦਿਆਂ ਸ. ਬਾਦਲ ਨੇ ਕਿਹਾ ਕਿ 150 ਸ਼ਹਿਰਾਂ ਤੇ ਕਸਬਿਆਂ ਵਿੱਚ ਪੀਣ ਵਾਲੇ ਪਾਣੀ ਤੇ ਸੀਵਰੇਜ ਤੇ ਸਿਸਟਮ 'ਤੇ 5 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਆਉਂਦੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਕੋਈ ਵੀ ਮੁੱਖ ਸੜਕ ਇੱਕ ਮਾਰਗੀ ਨਹੀਂ ਹੋਵੇਗੀ ਕਿਉਂਕਿ ਸੂਬਾ ਸਰਕਾਰ ਨੇ 13000 ਕਰੋੜ ਰੁਪਏ ਦੀ ਲਾਗਤ ਨਾਲ ਚਾਰ/ਛੇ ਮਾਰਗੀ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਜੰਗੀ ਪੱਧਰ ਉੁੱੁਪਰ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਸੱਤ ਐਕਸਪ੍ਰੈਸ ਵੇਅ ਦੇ ਨਿਰਮਾਣ ਦੇ ਨਾਲ-ਨਾਲ ਪੰਜਾਬ ੇ ਮੁਹਾਲੀ, ਲੁਧਿਆਣਾ, ਜਲੰਧਰ ਅਤੇ ਬਠਿੰਡਾ ਵਿਖੇ ਏਅਰਪੋਰਟ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਘਰੇਲੂ ਹਵਾਈ ਅੱਡਾ ਉਡਾਣਾ ਲਈ ਬਿਲਕੁਲ ਤਿਆਰ ਹੈ ਜਿਸਦਾ ਉਦਘਾਟਨ ਜਲਦ ਹੀ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ-ਚੰਡੀਗੜ੍ਹ ਸੜਕ ਨੂੰ ਚਾਰ/ਛੇ ਮਾਰਗੀ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਬਠਿੰਡਾ -ਅੰਮ੍ਰਿਤਸਰ ਮੁੱਖ ਮਾਰਗ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ। ਉੱਪ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਤੋਂ ਸੂਬੇ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਅਤੇ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਵਿੱਢੇ ਸੁਹਿਰਦ ਕਦਮਾਂ ਨੂੰ ਹੋਰ ਬਲ ਮਿਲੇਗਾ ਅਤੇ ਪੰਜਾਬ ਰਾਜ ਵਿਕਾਸ ਦੀਆਂ ਬੁਲੰਦੀਆਂ ਨੂੰ ਛੋਹੇਗਾ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਾਲ 2013 ਦੇ ਅੰਤ ਤੱਕ ਪੰਜਾਬ ਪੁਲੀਸ ਨੇ ਕਰੀਬ 23000 ਨਸ਼ਾ ਸਮਗਲਰਾਂ ਅਤੇ ਇਸ ਧੰਦੇ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਸਿਕੰਜੇ ਵਿੱਚ ਲਿਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੋਧੀ ਛੇੜੀ ਜੰਗ ਨੂੰ ਹੋਰ ਜ਼ੋਰਦਾਰ ਤਰੀਕੇ ਨਾਲ ਜ਼ਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਸਦਕਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੇਡ ਸਕੂਲ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 200 ਕਰੋੜ ਦੀ ਲਾਗਤ ਨਾਲ 10 ਵਿਸ਼ਵ ਪੱਧਰੀ ਸਟੇਡੀਅਮ ਤਿਆਰ ਕੀਤੇ ਹਨ ਅਤੇ 22.03 ਕਰੋੜ ਖਰਚ ਕਰਕੇ 5,000 ਜਿੰਮ ਤੇ 9,000 ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ।
ਸ. ਬਾਦਲ ਨੇ ਕਿਹਾ ਕਿ ਪੰਜਾਬ ਸੇਵਾ ਦਾ ਅਧਿਕਾਰ ਕਾਨੂੰਨ ਲਾਗੂ ਕਰਨ ਵਾਲਾ ਪਹਿਲਾ ਸੂਬਾ ਹੈ ਜਿਸ ਤਹਿਤ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਸੇਵਾ ਪ੍ਰਾਪਤ ਕਰ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਬਣਾਈ ਵਿਲੱਖਣ ਉਦਯੋਗਿਕ ਨੀਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ 65000 ਕਰੋੜ ਰੁਪੈ ਦੇ ਨਿਵੇਸ਼ ਸਬੰਧੀ ਹੋਏ 117 ਸਮਝੌਤਿਆਂ ਨਾਲ ਸੂਬੇ ਦੇ ਉਦਯੋਗੀਕਰਨ ਦਾ ਮੁੱਢ ਬੱਝਾ ਹੈ। ਪੰਜਾਬ ਵਿੱਚ ਮਿਸਾਲੀਆ ਵੈਟ ਉਗਰਾਹੀ ਦੀ ਗੱਲ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਛੇ ਵਰ੍ਹਿਆਂ ਦੌਰਾਨ ਪੰਜਾਬ ਨੇ ਵੈਟ ਉਗਰਾਹੀ ਵਿੱਚ ਵੱਡੇ ਸੁਧਾਰ ਲਿਆਂਦੇ ਹਨ ਜਿਨ੍ਹਾਂ ਸਦਕਾ ਸਾਲ 2007 ਦੌਰਾਨ ਪੰਜਾਬ ਵਿਚ ਵੈਟ ਦੀ ਉਗਰਾਹੀ 6,037 ਕਰੋੜ ਸੀ, ਜੋ ਸਾਲ 2013 ਦੌਰਾਨ ਵਧਕੇ 20,068 ਕਰੋੜ ਹੋ ਗਈ ਹੈ। ਇਸ ਤੋਂ ਇਲਾਵਾ ਕੁੱਲ ਘਰੇਲੂ ਉਤਪਾਦ ਅਨੁਸਾਰ ਸੂਬੇ ਸਿਰ ਚੜਿਆ ਕਰਜ਼ਾ ਘਟਕੇ 31 ਫੀਸਦੀ ਰਹਿ ਗਿਆ ਹੈ, ਜੋ ਕਿ ਪਹਿਲਾਂ 43 ਫੀਸਦੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਨੂਸੂਚਿਤ ਜਾਤੀਆਂ ਦੀ ਵਸੋਂ ਸਭ ਤੋਂ ਵੱਧ ਹੈ ਅਤੇ ਉਹਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲੋਂ ਚਲਾਈ ਆਟਾ-ਦਾਲ ਸਕੀਮ ਤਹਿਤ ਹੁਣ 30 ਲੱਖ ਪਰਿਵਾਰਾਂ ਨੂੰ 1 ਰੁਪੈ ਕਿਲੋ ਆਟਾ ਮੁਹੱਈਆ ਕਰਵਾਇਆ ਜਾਵੇਗਾ। ਪੰਜਾਬ ਨੂੰ ਹਰ ਪੱਖੋਂ ਦੇਸ਼ ਦਾ ਸਭ ਤੋਂ ਬੇਹਤਰੀਨ ਸੂਬਾ ਬਣਾਉਣ ਦਾ ਅਹਿਦ ਲੈਦਿਆਂ ਸ. ਬਾਦਲ ਨੇ ਕਿਹਾ ਕਿ ਆਉਣ ਵਾਲੇ ਤਿੰਨ ਸਾਲਾਂ ਵਿੱਚ ਪੰਜਾਬ ਦੀ ਕਾਇਆ-ਕਲਪ ਹੋ ਜਾਵੇਗੀ ਅਤੇ ਹਰ ਨਿਵੇਸ਼ਕਾਰ ਦਾ ਰੁੱਖ ਪੰਜਾਬ ਵੱਲ ਨੂੰ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਸ੍ਰੀ ਗੁਰਪ੍ਰੀਤ ਸਿੰਘ ਮਲੂਕਾ, ਉਪ ਮੁੱਖ ਮੰਤਰੀ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਹਰਜਿੰਦਰ ਸਿੱਧੂ, ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ.ਇੰਟੈਲੀਜੈਂਸ ਸ੍ਰੀ ਜਤਿੰਦਰ ਜੈਨ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪ੍ਰਾਸ਼ਰ, ਕਮਿਸ਼ਨਰ ਨਗਰ ਨਿਗਮ ਸ੍ਰੀ ਵਿਪੁੱਲ ਉਜਵ, ਭਾਜਪਾ ਆਗੂ ਸ੍ਰੀ ਦਿਆਲ ਸੋਢੀ ਤੋਂ ਇਲਾਵਾ ਹੋਰ ਹਾਜ਼ਰ ਸਨ।